ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।* ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ ਜੀ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ,
ਉਹ ਮਨ-ਇੱਛਤ ਫਲ ਪਾ ਲੈਂਦਾ ਹੈ ॥੧॥ ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ। (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ ਜੀ! ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ ॥੨॥
ਹੇ ਮੇਰੀ ਸਖੀ ਸਹੇਲੀਹੋ! ਹੇ ਮੇਰੀ ਸੋਹਣੀ ਜਿੰਦੇ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਹੇ ਨਾਨਕ ਜੀ! ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ! ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ ॥੩॥ ਹੇ ਮੇਰੀ ਸੋਹਣੀ ਜਿੰਦੇ!
ਪ੍ਰਭੂ ਦੀ ਕਿਰਪਾ ਹੀ ਉਹ ਮੈਨੂੰ ਆ ਮਿਲਦਾ ਹੈ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ ਜੀ! ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ ॥੪॥੧॥